ਸਵੱਛਤਾ ਹੀ ਸੇਵਾ' ਮੁਹਿੰਮ 2 ਅਕਤੂਬਰ ਤੱਕ, ਕਮਿਸ਼ਨਰ ਨਗਰ ਨਿਗਮ
*ਮੁਹਿੰਮ ਤਹਿਤ ਨਗਰ ਨਿਗਮ ਬਠਿੰਡਾ ਵੱਲੋਂ ਵੱਖ-ਵੱਖ ਗਤੀਵਿਧੀਆਂ ਜਾਰੀ*
ਬਠਿੰਡਾ, 19 ਸਤੰਬਰ :
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ 2 ਅਕਤੂਬਰ ਤੱਕ ਨਗਰ ਨਿਗਮ ਬਠਿੰਡਾ ਦੀਆਂ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਮੁਹਿੰਮ ਤਹਿਤ ਸ਼ਹਿਰ ਦੀ ਸਫ਼ਾਈ ਅਤੇ ਸ਼ਹਿਰ ਵਾਸੀਆਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਬੀਤੇ ਦਿਨ ਧੋਬੀ ਘਾਟ (ਨੇੜੇ ਕਿਲਾ) ਅਤੇ ਸਬਜ਼ੀ ਮੰਡੀ ਇਲਾਕੇ ਦੀ ਸਫ਼ਾਈ ਕੀਤੀ ਗਈ। ਇਸ ਦੌਰਾਨ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਅਤੇ ਕੂੜਾ ਨਿਰਧਾਰਤ ਸਥਾਨ ’ਤੇ ਪਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਰੀਰਕ ਸਫ਼ਾਈ ਦੇ ਨਾਲ-ਨਾਲ ਆਪਣੇ ਸਕੂਲ ਅਤੇ ਆਲੇ-ਦੁਆਲੇ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਸਵੱਛਤਾ ਸਹੁੰ ਵੀ ਚੁੱਕੀ ਅਤੇ ਸਫ਼ਾਈ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦਾ ਸੰਕਲਪ ਲਿਆ।
ਇਸ ਤੋਂ ਇਲਾਵਾ ਅੱਜ ਮੈਰੀਟੋਰੀਅਸ ਸਕੂਲ ਵਿਖੇ ਵਿਦਿਆਰਥੀਆਂ ਨੂੰ ਗਲਣਯੋਗ ਕੂੜੇ ਤੋਂ ਖਾਦ ਤਿਆਰ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਸਕੂਲ ਵਿੱਚ ਕੂੜੇ ਤੋਂ ਖਾਦ ਤਿਆਰ ਕਰਨ ਲਈ ਬਣਾਈਆਂ ਗਈਆਂ ਪਿੱਟਾਂ ਦਾ ਦੌਰਾ ਕਰਕੇ ਇਸ ਪ੍ਰਕਿਰਿਆ ਨੂੰ ਸਮਝਿਆ। ਉਨ੍ਹਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਦੀ ਸਹੀ ਤਰ੍ਹਾਂ ਵੱਖ-ਵੱਖ ਸੰਭਾਲ ਕਰਨ ਅਤੇ ਕੂੜੇ ਦੀ ਵਿਗਿਆਨਕ ਢੰਗ ਨਾਲ ਵਰਤੋਂ ਕਰਨ ਬਾਰੇ ਵੀ ਜਾਣੂ ਕਰਵਾਇਆ ਗਿਆ।
ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕਲਸੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਵੱਛਤਾ ਹੀ ਸੇਵਾ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰੇਕ ਨਾਗਰਿਕ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਸਫ਼ਾਈ ਵਿਵਸਥਾ ਵਿੱਚ ਸਹਿਯੋਗ ਦੇਣ ਅਤੇ ਆਪਣੇ ਘਰ, ਸਕੂਲ, ਕੰਮਕਾਜ ਵਾਲੀ ਥਾਂ ਅਤੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦੇ ਨਾਲ-ਨਾਲ ਕੂੜੇ ਨੂੰ ਇਧਰ-ਉਧਰ ਨਾ ਸੁੱਟਿਆ ਜਾਵੇ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਿਆ ਜਾਵੇ।
No comments