ਹੁਣੇ ਹੁਣੇ

ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਅੱਠ ਪਿੰਡਾਂ ਦਾ ਦੌਰਾ




*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹਰੇਕ ਪਿੰਡ 'ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਹੋਏ : ਓ.ਐਸ.ਡੀ. ਸੁਖਵੀਰ ਸਿੰਘ*

*ਕਿਹਾ, ਪਿੰਡ ਵਾਸੀਆਂ ਦੀ ਰਾਏ ਅਤੇ ਲੋੜ ਅਨੁਸਾਰ ਤੈਅ ਕੀਤੀਆਂ ਜਾਣਗੀਆਂ ਵਿਕਾਸ ਕਾਰਜਾਂ ਦੀਆਂ ਤਰਜੀਹਾਂ*

ਧੂਰੀ, 14 ਸਤੰਬਰ: 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਦਿੱਤੀ ਜਾ ਰਹੀ ਤਰਜੀਹ ਤਹਿਤ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਧੂਰੀ ਹਲਕੇ ਦੇ ਅੱਠ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਪਿੰਡ ਰੁਲਦੂ ਸਿੰਘ ਵਾਲਾ, ਮਾਨਾਂ, ਮੀਰਹੇੜੀ, ਹਰਚੰਦਪੁਰ, ਮਾਨਵਾਲਾ, ਭੱਦਲਵੱਡ, ਪਲਾਸੌਰ ਅਤੇ ਭਲਵਾਨ ਵਿਖੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਪਹਿਲਾਂ ਕਰਵਾਏ ਗਏ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਭਵਿੱਖ ਵਿੱਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਧੂਰੀ ਹਲਕੇ ਸਮੇਤ ਪੰਜਾਬ ਦੇ ਪਿੰਡਾਂ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਹਰੇਕ ਪਿੰਡ ਵਿੱਚ ਪਿੰਡ ਵਾਸੀਆਂ ਦੀਆਂ ਜ਼ਰੂਰਤਾਂ ਅਤੇ ਸਥਾਨਕ ਮੰਗਾਂ ਅਨੁਸਾਰ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਓ.ਐਸ.ਡੀ. ਨੇ ਕਿਹਾ ਕਿ ਪਿੰਡਾਂ ਦਾ ਖੁਦ ਦੌਰਾ ਕਰਨ ਦਾ ਮੁੱਖ ਮਕਸਦ ਵਿਕਾਸ ਕਾਰਜਾਂ ਦੀਆਂ ਅਸਲ ਲੋੜਾਂ ਨੂੰ ਜ਼ਮੀਨੀ ਪੱਧਰ ’ਤੇ ਸਮਝਣਾ ਹੈ। ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿੱਚ ਬੈਠ ਕੇ ਬਣਾਈਆਂ ਯੋਜਨਾਵਾਂ ਦੀ ਬਜਾਏ ਪਿੰਡ ਵਿੱਚ ਜਾ ਕੇ ਲੋਕਾਂ ਨਾਲ ਸਿੱਧੀ ਗੱਲਬਾਤ ਰਾਹੀਂ ਤਰਜੀਹਾਂ ਤੈਅ ਕਰਨ ਨਾਲ ਵਿਕਾਸ ਕਾਰਜ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਏ ਜਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਰਾਏ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਕੀਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਿਆ ਜਾਵੇਗਾ ਅਤੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਅੱਗੇ ਵਧਾਇਆ ਜਾਵੇਗਾ।

ਪਿੰਡ ਵਾਸੀਆਂ ਨੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨਾਲ ਸਿੱਧਾ ਸੰਵਾਦ ਕਰਨ ਅਤੇ ਵਿਕਾਸ ਕਾਰਜਾਂ ਸਬੰਧੀ ਉਨ੍ਹਾਂ ਦੀ ਰਾਏ ਲੈਣ ਦੀ ਪਹਿਲ ਦਾ ਸਵਾਗਤ ਕੀਤਾ।

 ਇਸ ਮੌਕੇ ਏਡੀਸੀ ਸੁਖਚੈਨ ਸਿੰਘ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਰਛਪਾਲ ਸਿੰਘ ਭੁੱਲਰ, ਅਮਰਦੀਪ ਸਿੰਘ ਧਾਂਦਰਾ ਸਮੇਤ ਪਿੰਡ ਦੀ ਪੰਚਾਇਤ ਅਤੇ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।

No comments