ਹੁਣੇ ਹੁਣੇ

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਜਾਇਜ਼ੇ ਲਈ 26 ਨਵੰਬਰ ਨੂੰ ਇਲੈਕਟੋਰਲ ਰੋਲ ਅਬਜ਼ਰਵਰ ਕਰਨਗੇ ਜ਼ਿਲ੍ਹਾ ਬਰਨਾਲਾ ਦਾ ਦੌਰਾ: ਜ਼ਿਲ੍ਹਾ ਚੋਣ ਅਫ਼ਸਰ




ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਕਰਨਗੇ ਦੌਰਾ


ਵੋਟ ਸਬੰਧੀ ਸ਼ਿਕਾਇਤਾਂ ਅਤੇ ਇਤਰਾਜ਼ ਸੁਣਨ ਲਈ ਵੀ ਉਪਲਬਧ ਰਹਿਣਗੇ ਇਲੈਕਟੋਰਲ ਰੋਲ ਅਬਜ਼ਰਵਰ


ਇਲੈਕਟੋਰਲ ਰੋਲ ਅਬਜ਼ਰਵਰ ਦੀ ਈਮੇਲ ਆਈ.ਡੀ. div.com.ptl@punjab.gov.in ਅਤੇ ਸੰਪਰਕ ਨੰਬਰ 0175-2970029


ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵੱਖ ਵੱਖ ਅਧਿਕਾਰੀਆਂ ਨਾਲ ਆਗਾਮੀ ਚੋਣਾਂ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਮੀਟਿੰਗ


ਬਰਨਾਲਾ, 24 ਨਵੰਬਰ

    ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਸ੍ਰੀ ਅਭੀਜੀਤ ਕਪਲਿਸ਼ ਆਈਏਐੱਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐਸ.ਐਸ.ਆਰ.) ਦੀ ਪ੍ਰਕਿਰਿਆ ਦੀ ਸਮੀਖਿਆ ਲਈ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਕਮਿਸ਼ਨਰ ਪਟਿਆਲਾ ਮੰਡਲ ਸ੍ਰੀ ਵਿਨੈ ਬੁਬਲਾਨੀ ਆਈ.ਏ.ਐੱਸ. ਨੂੰ ਇਲੈਕਟੋਰਲ ਰੋਲ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

  ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਲੈਕਟੋਰਲ ਰੋਲ ਅਬਜ਼ਰਵਰ ਵਲੋਂ 26 ਨਵੰਬਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਦੇ ਮੀਟਿੰਗ ਹਾਲ ਵਿਚ ਜ਼ਿਲ੍ਹੇ ਦੇ ਸੰਸਦ ਮੈਂਬਰ/ਵਿਧਾਇਕਾਂ ਅਤੇ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ, ਸਕੱਤਰਾਂ ਅਤੇ ਕਨਵੀਨਰਾਂ ਆਦਿ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਮੌਕੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਉਹ ਜ਼ਿਲ੍ਹੇ ਦੇ ਕੁਝ ਪੋਲਿੰਗ ਬੂਥਾਂ ਦੀ ਚੈਕਿੰਗ ਵੀ ਕਰਨਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਲੈਕਟੋਰਲ ਰੋਲ ਅਬਜ਼ਰਵਰ ਦੀ ਈਮੇਲ ਆਈ.ਡੀ. div.com.ptl@punjab.gov.in ਅਤੇ ਸੰਪਰਕ ਨੰਬਰ 0175-2970029 ਹੈ। ਵੋਟਰ ਸੂਚੀ ਵਿੱਚ ਆਪਣੀ ਵੋਟ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ, ਇਤਰਾਜ਼ ਜਾਂ ਸਮੱਸਿਆ ਰੱਖਣ ਵਾਲਾ ਕੋਈ ਵੀ ਵਿਅਕਤੀ ਇਲੈਕਟੋਰਲ ਰੋਲ ਅਬਜ਼ਰਵਰ ਨਾਲ ਉਕਤ ਮਿਤੀ ਨੂੰ ਮਿਲ ਸਕਦਾ ਹੈ।

ਇਸ ਮੌਕੇ ਉਹਨਾਂ ਜ਼ਿਲ੍ਹੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਕੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

   ਉਨ੍ਹਾਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਦੌਰਾਨ ਆਪਣੇ ਵੋਟ ਦੇ ਅਧਿਕਾਰ ਨਾਲ ਸਬੰਧਤ ਕਿਸੇ ਵੀ ਸਮੱਸਿਆ ਜਾਂ ਇਤਰਾਜ਼ ਬਾਰੇ ਨਿਰਧਾਰਤ ਮਿਤੀ ਨੂੰ ਅਬਜ਼ਰਵਰ ਦੇ ਧਿਆਨ ਵਿੱਚ ਲਿਆ ਸਕਦੇ ਹਨ ਤਾਂ ਜੋ ਵੋਟਰ ਸੂਚੀਆਂ ਨੂੰ ਸਹੀ ਅਤੇ ਗਲਤੀ ਰਹਿਤ ਬਣਾਉਣ ਵਿੱਚ ਸਹਿਯੋਗ ਮਿਲ ਸਕੇ।

No comments